ਅਕਾਲੀ ਦਲ-ਭਾਜਪਾ ਗੱਠਜੋੜ ਦੀ ਮੁੜ ਚਰਚਾ ਤੇਜ਼, ਮਜੀਠੀਆ ਦਾ ਵੱਡਾ ਬਿਆਨ | Heaven India TV
Edited by Admin | Updated: Fri, 21 Aug 2026 16:58:03
ਅਕਾਲੀ ਦਲ-ਭਾਜਪਾ ਗੱਠਜੋੜ ਦੀ ਮੁੜ ਚਰਚਾ ਤੇਜ਼, ਮਜੀਠੀਆ ਦਾ ਵੱਡਾ ਬਿਆਨ | Heaven India TV

ਚੰਡੀਗੜ੍ਹ (ਹੈਵਨ ਇੰਡੀਆ ਟੀਵੀ ਬਿਊਰੋ): ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਣ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਗੱਠਜੋੜ ਸਬੰਧੀ ਅੰਤਿਮ ਫ਼ੈਸਲਾ ਦੋਹਾਂ ਪਾਰਟੀਆਂ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਹੀ ਲਿਆ ਜਾਣਾ ਹੈ।

ਇੱਕ ਇੰਟਰਵਿਊ ਦੌਰਾਨ ਮਜੀਠੀਆ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ-ਭਾਜਪਾ ਗੱਠਜੋੜ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਦੇ ਸਿਧਾਂਤਾਂ ’ਤੇ ਆਧਾਰਿਤ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਪੰਜਾਬ ਅਤੇ ਕੇਂਦਰ ਦੋਵਾਂ ਪੱਧਰਾਂ ’ਤੇ ਸਫ਼ਲ ਰਿਹਾ।

ਮਜੀਠੀਆ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਦੋਹਾਂ ਪਾਰਟੀਆਂ ਦੇ ਰਸਤੇ ਵੱਖ ਹੋ ਗਏ ਸਨ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਵਿਕਾਸ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਲੈ ਕੇ ਲੋਕ ਚਿੰਤਤ ਹਨ ਅਤੇ ਇਸੇ ਕਾਰਨ ਅਕਾਲੀ ਦਲ ਤੇ ਭਾਜਪਾ ਨੂੰ ਮੁੜ ਇਕੱਠੇ ਆਉਣ ਦੀ ਮੰਗ ਉੱਠ ਰਹੀ ਹੈ।

ਹਰਸਿਮਰਤ ਕੌਰ ਬਾਦਲ ਦੇ ਬਿਆਨ ਤੋਂ ਬਾਅਦ ਚਰਚਾ ਹੋਈ ਤੇਜ਼

ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇੱਕ ਸਮਾਗਮ ਦੌਰਾਨ ਅਕਾਲੀ ਦਲ-ਭਾਜਪਾ ਗੱਠਜੋੜ ਸਬੰਧੀ ਸੰਕੇਤ ਦਿੱਤੇ ਸਨ। ਜਦੋਂ ਮਜੀਠੀਆ ਤੋਂ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਜੋ ਗੱਲ ਕਹੀ ਹੈ, ਪੰਜਾਬ ਦੇ ਲੋਕ ਵੀ ਉਸੇ ਤਰ੍ਹਾਂ ਦੀ ਇੱਛਾ ਜ਼ਾਹਰ ਕਰ ਰਹੇ ਹਨ।

ਮਜੀਠੀਆ ਨੇ ਕਿਹਾ ਕਿ ਵਾਜਪਾਈ ਅਤੇ ਬਾਦਲ ਸਾਹਿਬ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਹ ਗੱਠਜੋੜ ਬਣਾਇਆ ਸੀ। ਉਨ੍ਹਾਂ ਕਿਹਾ ਕਿ ਗੱਠਜੋੜ ਕਰਨਾ ਹੈ ਜਾਂ ਨਹੀਂ, ਇਸ ਬਾਰੇ ਫ਼ੈਸਲਾ ਦੋਹਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਸਥਿਤੀ ਹੋਰ ਸਪੱਸ਼ਟ ਹੋ ਜਾਵੇਗੀ।

ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਮੁੜ ਗੱਠਜੋੜ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ

 

Share: