ਪੰਜਾਬ ਬੰਦ 21 ਅਗਸਤ: ਸਰਕਾਰੀ ਸਕੂਲ ਖੁੱਲ੍ਹੇ ਰਹਿਣਗੇ, ਪ੍ਰਾਈਵੇਟ ਸਕੂਲ ਲੈਣਗੇ ਫ਼ੈਸਲਾ
ਚੰਡੀਗੜ੍ਹ (ਹੈਵਨ ਇੰਡੀਆ ਟੀਵੀ ਬਿਊਰੋ): ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਸੜਕੀ ਆਵਾਜਾਈ ਅਤੇ ਬਾਜ਼ਾਰ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ।
ਪੰਜਾਬ ਬੰਦ ਨੂੰ ਲੈ ਕੇ ਲੋਕਾਂ ਵਿੱਚ ਸਭ ਤੋਂ ਵੱਧ ਚਰਚਾ ਸਕੂਲਾਂ ਦੇ ਖੁੱਲ੍ਹਣ ਜਾਂ ਬੰਦ ਰਹਿਣ ਨੂੰ ਲੈ ਕੇ ਸੀ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਹੈ ਕਿ 21 ਅਗਸਤ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੋਈ ਛੁੱਟੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਆਪਣੇ ਪੱਧਰ ’ਤੇ ਛੁੱਟੀ ਕਰਦਾ ਹੈ ਤਾਂ ਇਹ ਉਸ ਸਕੂਲ ਦਾ ਆਪਣਾ ਫ਼ੈਸਲਾ ਹੈ।
ਕਈ ਪ੍ਰਾਈਵੇਟ ਸਕੂਲਾਂ ਨੇ ਕੀਤਾ ਛੁੱਟੀ ਦਾ ਐਲਾਨ
ਪੰਜਾਬ ਬੰਦ ਦੇ ਮੱਦੇਨਜ਼ਰ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਪੱਧਰ ’ਤੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਖ਼ਾਸ ਕਰਕੇ ਮੁਹਾਲੀ ਅਤੇ ਖਰੜ ਇਲਾਕੇ ਦੇ ਕਈ ਸਕੂਲਾਂ ਵਿੱਚ 21 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪ੍ਰਾਈਵੇਟ ਸਕੂਲਾਂ ਦੀ ਮੀਟਿੰਗ ਤੋਂ ਬਾਅਦ ਵੀ ਕਈ ਸਕੂਲਾਂ ਨੂੰ ਬੰਦ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਲਈ ਮਾਪਿਆਂ ਨੂੰ ਆਪਣੇ-ਆਪਣੇ ਸਕੂਲ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਬੰਦ ਦੌਰਾਨ ਕੀ ਰਹੇਗਾ ਬੰਦ?
ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਗੂਆਂ ਮੁਤਾਬਕ ਇਸ ਦੌਰਾਨ ਸੜਕੀ ਆਵਾਜਾਈ ਰੋਕੀ ਜਾਵੇਗੀ ਅਤੇ ਸਰਕਾਰੀ ਬੱਸਾਂ ਵੀ ਨਹੀਂ ਚੱਲਣਗੀਆਂ। ਬਾਜ਼ਾਰਾਂ ਅਤੇ ਹੋਰ ਵਪਾਰਕ ਅਦਾਰਿਆਂ ’ਤੇ ਵੀ ਬੰਦ ਦਾ ਅਸਰ ਪੈਣ ਦੀ ਸੰਭਾਵਨਾ ਹੈ।
ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਲਈ ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ।