ਪੌਂਗ ਡੈਮ ਦੇ 5 ਫਲੱਡ ਗੇਟ ਖੋਲ੍ਹੇ, ਬਿਆਸ ਦਰਿਆ ਕੰਢੇ ਲੋਕਾਂ ਨੂੰ ਚਿਤਾਵਨੀ
ਹੁਸ਼ਿਆਰਪੁਰ (ਹੈਵਨ ਇੰਡੀਆ ਟੀਵੀ ਬਿਊਰੋ): ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਦੌਰ ਲਗਾਤਾਰ ਜਾਰੀ ਹੈ। ਪਿਛਲੇ ਇੱਕ ਹਫ਼ਤੇ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਝੀਲ ਦਾ ਪਾਣੀ ਪੱਧਰ ਕਰੀਬ 10 ਤੋਂ 12 ਫੁੱਟ ਤੱਕ ਵਧਣ ਦੀ ਜਾਣਕਾਰੀ ਹੈ।
ਅੱਜ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1357.02 ਫੁੱਟ ਦਰਜ ਕੀਤਾ ਗਿਆ, ਜਦਕਿ ਝੀਲ ਵਿੱਚ ਪਾਣੀ ਦੀ ਆਮਦ ਲਗਭਗ 35 ਹਜ਼ਾਰ ਕਿਊਸਿਕ ਦੱਸੀ ਜਾ ਰਹੀ ਹੈ। ਪਾਣੀ ਦੀ ਲਗਾਤਾਰ ਵਧ ਰਹੀ ਆਮਦ ਨੂੰ ਦੇਖਦਿਆਂ ਬੀ.ਬੀ.ਐੱਮ.ਬੀ. ਵੱਲੋਂ ਪੌਂਗ ਡੈਮ ਦੇ 52 ਫਲੱਡ ਗੇਟਾਂ ਵਿੱਚੋਂ 5 ਗੇਟ ਖੋਲ੍ਹ ਦਿੱਤੇ ਗਏ ਹਨ।
ਇਨ੍ਹਾਂ ਗੇਟਾਂ ਰਾਹੀਂ ਬਿਆਸ ਦਰਿਆ ਵਿੱਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਆਮਦ ਅਤੇ ਡੈਮ ਤੋਂ ਛੱਡੇ ਜਾ ਰਹੇ ਪਾਣੀ ਦੇ ਮੱਦੇਨਜ਼ਰ ਬਿਆਸ ਦਰਿਆ ਦੇ ਪਾਣੀ ਦੇ ਪੱਧਰ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਬਿਆਸ ਦਰਿਆ ਨੇੜੇ ਨਾ ਜਾਣ ਦੀ ਅਪੀਲ
ਬੀ.ਬੀ.ਐੱਮ.ਬੀ. ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਿਆਸ ਦਰਿਆ ਦੇ ਕੰਢੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਅਤੇ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ, ਤਾਂ ਜੋ ਵਧਦੇ ਪਾਣੀ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।