ਪਿੰਡ ਭਲੂਰ 'ਚ ਵੱਡੀ ਵਾਰਦਾਤ: ਨੌਜਵਾਨ ਦਾ ਬੇਰਹਿਮੀ ਨਾਲ ਕਤਲ,
ਪਿੰਡ ਭਲੂਰ 'ਚ ਵੱਡੀ ਵਾਰਦਾਤ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਸਨਸਨੀ, ਜਾਂਚ ਵਿੱਚ ਜੁਟੀ ਪੁਲਿਸ
ਸਮਾਲਸਰ (ਜਗਤਾਰ ਸਿੰਘ ਸਰਾਂ , ਮਨਪ੍ਰੀਤ ਸਿੰਘ ਮਧੇਕੇ):
ਨੇੜਲੇ ਪਿੰਡ ਭਲੂਰ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਨੌਜਵਾਨ ਦੀ ਪਛਾਣ ਨਾਨਕ ਸਿੰਘ ਪੁੱਤਰ ਨੈਬ ਸਿੰਘ ਵਾਸੀ ਭਲੂਰ ਵਜੋਂ ਹੋਈ ਹੈ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਪਿੰਡ ਵਿੱਚ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਮਾਲਸਰ ਦੇ ਮੁਖੀ ਇੰਸਪੈਕਟਰ ਮੰਗਲ ਸਿੰਘ ਦੀ ਅਗਵਾਈ ਵਿੱਚ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ। ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਤੋਂ ਬਾਰੀਕੀ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਮੰਗਲ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਦੇਖ ਰਹੀ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਵਾਰਦਾਤ ਦੀ ਹਰ ਐਂਗਲ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਜਾਰੀ ਹੈ। ਥਾਣਾ ਮੁਖੀ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਬਹੁਤ ਜਲਦੀ ਸੁਲਝਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।