ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਭਾਜਪਾ ’ਤੇ ਲਾਏ ਗੰਭੀਰ ਦੋਸ਼
ਚੰਡੀਗੜ੍ਹ (ਹੈਵਨ ਇੰਡੀਆ ਟੀਵੀ ਬਿਊਰੋ) : ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਸਹਿਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਜੈਨ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦਾ ਸਿਆਸੀ ਪੈਂਤੜਾ ਕਰਾਰ ਦਿੰਦਿਆਂ ਕਿਹਾ ਕਿ ਵਿਰੋਧੀਆਂ ਕੋਲ ਜਦੋਂ ਕੋਈ ਮੁੱਦਾ ਨਹੀਂ ਰਹਿੰਦਾ ਤਾਂ ਉਹ ਸਿਰਫ਼ ਦੋਸ਼ ਲਗਾਉਣ ਅਤੇ ਉਂਗਲਾਂ ਚੁੱਕਣ ਦਾ ਸਹਾਰਾ ਲੈਂਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਕਾਰਜਸ਼ੈਲੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਵਿਅਕਤੀ ਖ਼ਿਲਾਫ਼ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾਂਦੇ ਹਨ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਮਾਨ ਮੁਤਾਬਕ ਪੰਜਾਬ ਵਿੱਚ ਭਾਜਪਾ ਨੂੰ ਸਿਆਸੀ ਪਕੜ ਬਣਾਉਣ ਵਿੱਚ ਮੁਸ਼ਕਲ ਆ ਰਹੀ ਹੈ, ਜਿਸ ਕਾਰਨ ਸਤੇਂਦਰ ਜੈਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਮਾਨ ਨੇ ਕਿਹਾ ਕਿ ਦਿੱਲੀ ਵਿੱਚ ਵੀ ਇਸੇ ਤਰ੍ਹਾਂ ਦੀ ਕਾਰਵਾਈ ਪਹਿਲਾਂ ਵੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀਆਂ ਗ੍ਰਿਫ਼ਤਾਰੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਤੇਂਦਰ ਜੈਨ ਦੇ ਮਾਮਲੇ ਵਿੱਚ ਵੀ ਅਦਾਲਤ ਤੋਂ ਪੂਰਾ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਪਹਿਲਾਂ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲੈਣਾ ਅਤੇ ਬਾਅਦ ਵਿੱਚ ਮਾਮਲਾ ਅਦਾਲਤ ਵਿੱਚ ਲਿਜਾਣਾ ਹੀ ਭਾਜਪਾ ਦਾ ਪੈਂਤੜਾ ਹੈ।
ਸਤੇਂਦਰ ਜੈਨ ਸਮੇਤ 6 ਲੋਕ ਗ੍ਰਿਫ਼ਤਾਰ
ਦੱਸ ਦੇਈਏ ਕਿ ਮੰਗਲਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏ.ਸੀ.ਬੀ.) ਨੇ ਦਿੱਲੀ ਜਲ ਬੋਰਡ (ਡੀ.ਜੇ.ਬੀ.) ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਪ੍ਰਾਜੈਕਟਾਂ ਨਾਲ ਸਬੰਧਤ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਤੇਂਦਰ ਜੈਨ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਏ.ਸੀ.ਬੀ. ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਡੀ.ਜੇ.ਬੀ. ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਤੇ ਆਈ.ਏ.ਐੱਸ. ਅਧਿਕਾਰੀ ਉਦਿਤ ਪ੍ਰਕਾਸ਼ ਰਾਏ, ਸਾਬਕਾ ਸਲਾਹਕਾਰ ਅੰਕਿਤ ਸ਼੍ਰੀਵਾਸਤਵ ਅਤੇ ਨਾਗੇਂਦਰ ਯਾਦਵ ਤੋਂ ਇਲਾਵਾ ਰਾਜਾ ਕੁਮਾਰ ਕੁਰਰਾ ਅਤੇ ਪੰਕਜ ਵਰਮਾ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਜਲ ਬੋਰਡ ਦੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਸੁਧਾਰ ਅਤੇ ਅਪਗ੍ਰੇਡੇਸ਼ਨ ਨਾਲ ਜੁੜੀ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ, ਟੈਂਡਰ ਦੀਆਂ ਸ਼ਰਤਾਂ ਵਿੱਚ ਕਥਿਤ ਹੇਰ-ਫੇਰ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਨਾਲ ਸਬੰਧਤ ਹੈ। ਇਸ ਸਬੰਧੀ ਵਿਜੀਲੈਂਸ ਡਾਇਰੈਕਟੋਰੇਟ ਦੀ ਸ਼ਿਕਾਇਤ ਦੇ ਆਧਾਰ ’ਤੇ 11 ਮਈ 2024 ਨੂੰ ਮਾਮਲਾ ਦਰਜ ਕੀਤਾ ਗਿਆ ਸੀ।